Beet jehe Beet jehe Janam Akaaj Re – 9-9-25

ੴ ਸਤਿਗੁਰ ਪ੍ਰਸਾਦਿ ॥ ਮਾਰੂ ਮਹਲਾ ੯ ॥
ਹਰਿ ਕੋ ਨਾਮੁ ਸਦਾ ਸੁਖਦਾਈ ॥ ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥ ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥ ਤਾ ਕੋ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥ ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ॥ ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥ {ਪੰਨਾ 1008}

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਆਤਮਕ ਆਨੰਦ ਦੇਣ ਵਾਲਾ ਹੈ, ਜਿਸ ਨਾਮ ਨੂੰ ਸਿਮਰ ਕੇ ਅਜਾਮਲ ਵਿਕਾਰਾਂ ਤੋਂ ਬਚ ਗਿਆ ਸੀ, (ਇਸ ਨਾਮ ਨੂੰ ਸਿਮਰ ਕੇ) ਵੇਸੁਆ ਨੇ ਭੀ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ਸੀ।1। ਰਹਾਉ।

ਹੇ ਭਾਈ! ਦੁਰਯੋਧਨ ਦੇ ਰਾਜ-ਦਰਬਾਰ ਵਿਚ ਦ੍ਰੋਪਦੀ ਨੇ (ਭੀ) ਪਰਮਾਤਮਾ ਦੇ ਨਾਮ ਦਾ ਧਿਆਨ ਧਰਿਆ ਸੀ, ਤੇ, ਤਰਸ-ਸਰੂਪ ਪਰਮਾਤਮਾ ਨੇ ਉਸ ਦਾ ਦੁੱਖ ਦੂਰ ਕੀਤਾ ਸੀ, (ਤੇ ਇਸ ਤਰ੍ਹਾਂ) ਆਪਣਾ ਨਾਮਣਾ ਵਧਾਇਆ ਸੀ।1।

ਹੇ ਭਾਈ! ਜਿਨ੍ਹਾਂ ਭੀ ਬੰਦਿਆਂ ਨੇ ਕਿਰਪਾ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ, ਪਰਮਾਤਮਾ ਉਹਨਾਂ ਨੂੰ ਮਦਦਗਾਰ (ਹੋ ਕੇ) ਬਹੁੜਿਆ। ਹੇ ਨਾਨਕ! ਆਖ– ਮੈਂ ਭੀ ਇਸੇ ਹੀ ਭਰੋਸੇ ਤੇ ਆ ਕੇ ਪਰਮਾਤਮਾ ਦੀ ਹੀ ਸਰਨ ਲਈ ਹੈ।2।1।

You may also like these