Yeh Man Nain Na Kahyo Kare – 20-9-25

ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਮਹਲਾ ੯ ॥ ਬਿਰਥਾ ਕਹਉ ਕਉਨ ਸਿਉ ਮਨ ਕੀ ॥ ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥ ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥ ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥ ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥ {ਪੰਨਾ 411}

ਅਰਥ: (ਹੇ ਭਾਈ!) ਮੈਂ ਇਸ (ਮਨੁੱਖੀ) ਮਨ ਦੀ ਭੈੜੀ ਹਾਲਤ ਕਿਸ ਨੂੰ ਦੱਸਾਂ (ਹਰੇਕ ਮਨੁੱਖ ਦਾ ਇਹੀ ਹਾਲ ਹੈ) , ਲੋਭ ਵਿਚ ਫਸਿਆ ਹੋਇਆ ਇਹ ਮਨ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਇਸ ਨੂੰ ਧਨ ਜੋੜਨ ਦੀ ਤ੍ਰਿਸ਼ਨਾ ਚੰਬੜੀ ਰਹਿੰਦੀ ਹੈ।1। ਰਹਾਉ।

(ਹੇ ਭਾਈ!) ਸੁਖ ਹਾਸਲ ਕਰਨ ਵਾਸਤੇ (ਇਹ ਮਨ) ਧਿਰ ਧਿਰ ਦੀ ਖ਼ੁਸ਼ਾਮਦ ਕਰਦਾ ਫਿਰਦਾ ਹੈ (ਤੇ ਇਸ ਤਰ੍ਹਾਂ ਸੁਖ ਦੇ ਥਾਂ ਸਗੋਂ) ਦੁੱਖ ਸਹਾਰਦਾ ਹੈ। ਕੁੱਤੇ ਵਾਂਗ ਹਰੇਕ ਦੇ ਦਰ ਤੇ ਭਟਕਦਾ ਫਿਰਦਾ ਹੈ ਇਸ ਨੂੰ ਪਰਮਾਤਮਾ ਦਾ ਭਜਨ ਕਰਨ ਦੀ ਕਦੇ ਸੂਝ ਹੀ ਨਹੀਂ ਪੈਂਦੀ।1।

(ਹੇ ਭਾਈ! ਲੋਭ ਵਿਚ ਫਸਿਆ ਹੋਇਆ ਇਹ ਜੀਵ) ਆਪਣਾ ਮਨੁੱਖਾ ਜਨਮ ਵਿਅਰਥ ਹੀ ਗਵਾ ਲੈਂਦਾ ਹੈ, (ਇਸ ਦੇ ਲਾਲਚ ਦੇ ਕਾਰਨ) ਲੋਕਾਂ ਵਲੋਂ ਹੋ ਰਹੇ ਹਾਸੇ-ਮਖ਼ੌਲ ਦੀ ਭੀ ਇਸ ਨੂੰ ਸ਼ਰਮ ਨਹੀਂ ਆਉਂਦੀ।

ਹੇ ਨਾਨਕ! (ਆਖ– ਹੇ ਜੀਵ!) ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਿਉਂ ਨਹੀਂ ਕਰਦਾ? (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹੀ) ਤੇਰੀ ਇਹ ਖੋਟੀ ਮਤਿ ਦੂਰ ਹੋ ਸਕੇਗੀ।2।1। 233।

You may also like these