(੧) “ਗੁਰੁ ਅਰਜੁਨ ਪਰਤਖ੍ਯ੍ਯ ਹਰਿ” (ਪੰ: ੧੪੦੭) -ਪੂਰੀ ਪੰਕਤੀ ਹੈ “ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ॥ ਭਨਿ ਮਥੁਰਾ ਕਛੁ ਭੇਦੁ ਨਹੀਂ ਗੁਰੁ ਅਰਜੁਨ ਪਰਤਖ੍ਯ੍ਯ ਹਰਿ”॥ ੭॥ ੧੯॥ (ਪੰ: ੧੪੦੭) (ਸਵਈਏ ਮਹਲੇ ਪੰਜਵੇ ਕੇ, ਮਥੁਰਾ ਜੀ) ਅਤੇ ਅਰਥ ਹਨ: (ਗੁਰੂ ਅਰਜੁਨ ਹੀ) ਜੋਤਿ-ਰੂਪ ਹੋ ਕੇ ਧਰਤੀ ਅਕਾਸ਼ ਤੇ ਨੌ ਖੰਡਾਂ ਵਿੱਚ ਵਿਆਪ ਰਿਹਾ ਹੈ। ਹੇ ਮਥੁਰਾ! ਆਖਿ—ਗੁਰੂ ਅਰਜੁਨ ਸਾਖਿਆਤ ਅਕਾਲ ਪੁਰਖ ਹੈ। ਕੋਈ ਫ਼ਰਕ ਨਹੀਂ ਹੈ। ੭। ੧੯। ਉਪ੍ਰੰਤ
(੨) “ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ” (ਪੰ: ੧੪੦੯) ਇਸ ਤਰ੍ਰਾਂ ਇਸ ਸਵਯਾ ਹੈ “ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯੳ॥ ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ” (ਪੰ: ੧੪੦੮)
ਜਿਸ ਦੇ ਅਰਥ ਹਨ: ਪ੍ਰਕਾਸ਼-ਰੂਪ ਹਰੀ ਨੇ ਆਪਣੇ ਆਪ ਨੂੰ ਗੁਰੂ ਨਾਨਕ ਅਖਵਾਇਆ। ਉਸ (ਗੁਰੂ ਨਾਨਕ ਦੇਵ ਜੀ) ਤੋਂ (ਗੁਰੂ ਅੰਗਦ ਪ੍ਰਗਟ ਹੋਇਆ), (ਗੁਰੂ ਨਾਨਕ ਦੇਵ ਜੀ ਦੀ) ਜੋਤਿ (ਗੁਰੂ ਅੰਗਦ ਜੀ ਦੀ) ਜੋਤਿ ਨਾਲ ਮਿਲ ਗਈ।
(ਗੁਰੂ) ਅੰਗਦ (ਦੇਵ ਜੀ) ਨੇ ਕਿਰਪਾ ਕਰ ਕੇ ਅਮਰਦਾਸ ਜੀ ਨੂੰ ਗੁਰੂ ਥਾਪਿਆ; (ਗੁਰੂ) ਅਮਰਦਾਸ (ਜੀ) ਨੇ ਆਪਣੇ ਵਾਲਾ ਛੱਤ੍ਰ ਗੁਰੂ ਰਾਮਦਾਸ (ਜੀ) ਨੂੰ ਦੇ ਦਿਤਾ। ਮਥੁਰਾ ਆਖਦਾ ਹੈ— ‘ਗੁਰੂ ਰਾਮਦਾਸ (ਜੀ) ਦਾ ਦਰਸਨ ਕਰ ਕੇ (ਗੁਰੂ ਅਰਜੁਨ ਦੇਵ ਜੀ ਦੇ) ਬਚਨ ਆਤਮਕ ਜੀਵਨ ਦੇਣ ਵਾਲੇ ਹੋ ਗਏ ਹਨ। ਪੰਜਵੇਂ ਸਰੂਪ ਅਕਾਲ ਪੁਰਖ ਰੂਪ ਗੁਰੂ ਅਰਜੁਨ ਦੇਵ ਜੀ ਨੂੰ ਅੱਖਾਂ ਨਾਲ ਵੇਖੋ। ੧।